ਕਵਿਤਾਵਾਂ

ਲੱਗੀ ਨਜ਼ਰ ਪੰਜਾਬ ਨੂੰ – ਸੁਰਜੀਤ ਪਾਤਰ

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ
ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।

ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ
ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ
ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ਲੱਗੀ
ਜਦ ਆਪੇ ਪੰਜਾਬੀਆਂ, ਪੰਜਾਬੀ ਛੱਡੀ

ਤੇ ਫਿਰ ਅਗਲੀ ਫਸਲ ਦੇ, ਬੀ ਗਏ ਖਿਲਾਰੇ
ਵੱਢੇ ਗਏ ਨਿਰਦੋਸ਼ ਜਦੋਂ, ਰਾਹ ਜਾਂਦੇ ਮਾਰੇ
ਵੱਡਣ ਵਾਲੇ ਕੌਣ ਸਨ ਇਹ ਭੇਤ ਨਾ ਲੱਗਾ
ਪਰ ਬੇਦੋਸ਼ਾਂ ਖੂਨ ਤਾਂ ਪੱਗਾਂ ਸਿਰ ਲੱਗਾ

ਓਹੀ ਛਿੱਟੇ ਖੂਨ ਦੇ, ਬਣ ਗਏ ਬਹਾਨਾ
ਸਾਡੀ ਪੱਗ ਨੂੰ ਪੈ ਗਿਆ ਆਪਣਾ ਬੇਗਾਨਾ
ਜਿੱਥੋਂ ਤਕ ਛਾਂ ਤਖਤ ਦੀ ਅੱਗਾਂ ਹੀ ਅੱਗਾਂ
ਚੌਕ –ਚੁਰਾਹੇ ਸੜਦੀਆਂ ਪੱਗਾਂ ਹੀ ਪੱਗਾਂ

ਪੱਤੇ ਬੂਟੇ ਡੋਡੀਆਂ ਫੁੱਲਾਂ ਦੀਆਂ ਲੜੀਆਂ
ਸਭ ਕੁਝ ਅੱਗ ਵਿਚ ਸੜ ਗਿਆ
ਮਿਰਚਾਂ ਨਾ ਸੜੀਆਂ
ਉਹ ਮਿਰਚਾਂ ਜ਼ਹਿਰੀਲੀਆਂ
ਏਦੇ ਸਿਰ ਤੋਂ ਵਾਰੋ
ਸਿਰ ਤੋਂ ਵਾਰੋ ਵਾਰ ਕੇ
ਅੱਗ ਦੇ ਵਿਚ ਸਾੜੋ ।

ਅੱਗ ਪਿਤਰਾਂ ਦੀ ਜੀਭ ਹੈ
ਓਦੀ ਭੇਟਾ ਚਾੜ੍ਹੋ
ਉਹ ਪਿਤਰਾਂ ਦਾ ਬੀਜਿਆਂ
ਬੀਤੇ ਸੰਗ ਸਾੜੋ ।

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ।
ਲੈ ਕੇ ਮਿਰਚਾਂ ਕੌੜੀਆਂ ਏਦ੍ਹੇ ਸਿਰ ਤੋਂ ਵਾਰੋ

ਮਰ ਰਹੀ ਹੈ ਮੇਰੀ ਭਾਸ਼ਾ – ਸੁਰਜੀਤ ਪਾਤਰ

1
ਮਰ ਰਹੀ ਹੈ ਮੇਰੀ ਭਾਸ਼ਾ ਸ਼ਬਦ ਸ਼ਬਦ
ਮਰ ਰਹੀ ਹੈ ਮੇਰੀ ਭਾਸ਼ਾ ਵਾਕ ਵਾਕ
ਅੰਮ੍ਰਿਤ ਵੇਲਾ
ਨੂਰ ਪਹਿਰ ਦਾ ਤੜਕਾ
ਧੰਮੀ ਵੇਲਾ
ਪਹੁ-ਫੁਟਾਲਾ
ਛਾਹ ਵੇਲਾ
ਸੂਰਜ ਸਵਾ ਨੇਜ਼ੇ
ਟਿਕੀ ਦੁਪਹਿਰ
ਲਉਢਾ ਵੇਲਾ
ਡੀਗਰ ਵੇਲਾ
ਲੋਏ ਲੋਏ
ਸੂਰਜ ਖੜੇ ਖੜੇ
ਤਰਕਾਲਾਂ
ਡੂੰਘੀਆਂ ਸ਼ਾਮਾਂ
ਦੀਵਾ ਵੱਟੀ
ਖਉਪੀਆ
ਕੌੜਾ ਸੋਤਾ
ਢੱਲਦੀਆਂ ਖਿੱਤੀਆਂ
ਤਾਰੇ ਦਾ ਚੜ੍ਹਾਅ
ਚਿੜੀ ਚੂਕਦੀ ਨਾਲ ਸਾਝਰਾ ,
ਸੁਵਖ਼ਤਾ ,
ਸਰਘੀ ਵੇਲਾ
ਘੜੀਆਂ ,ਪਹਿਰ,ਬਿੰਦ ,ਪਲ,ਛਿਣ ,ਨਿਮਖ
ਵਿਚਾਰੇ ਮਾਰੇ ਗਏ
ਇਕੱਲੇ ਟਾਈਮ ਹੱਥੋਂ
ਇਹ ਸ਼ਬਦ ਸਾਰੇ
ਸ਼ਾਇਦ ਇਸ ਲਈ
ਕਿ ਟਾਈਮ ਕੋਲ ਟਾਈਮ-ਪੀਸ ਸੀ
ਹਰਹਟ ਕੀ ਮਾਲਾ ,
ਚੰਨੇ ਦਾ ਉਹਲਾ ,
ਗਾਟੀ ਦੇ ਹੂਟੇ
ਕਾਂਜਣ ,ਨਿਸਾਰ ,ਔਲੂ
ਚੱਕਲੀਆਂ ,ਬੂੜੇ ,ਭਰ ਭਰ ਡੁੱਲ੍ਹ ਦੀਆਂ ਟਿੰਡਾਂ
ਇਹਨਾਂ ਸਭਨਾਂ ਨੇ ਤਾਂ ਰੁੜ੍ਹ ਹੀ ਜਾਣਾ ਸੀ
ਟਿਊਬ-ਵੈੱਲ ਦੀ ਧਾਰ ਵਿਚ
ਮੈਨੂੰ ਕੋਈ ਹੈਰਾਨੀ ਨਹੀਂ
ਹੈਰਾਨੀ ਤਾਂ ਇਹ ਹੈ ਕਿ
ਅੰਮੀ ਤੇ ਅੱਬਾ ਵੀ ਨਹੀਂ ਰਹੇ
ਬੀਜੀ ਤੇ ਭਾਪਾ ਜੀ ਵੀ ਤੁਰ ਗਏ
ਦਦੇਸਾਂ ਫਫੇਸਾਂ ਮਮੇਸਾਂ ਦੀ ਗੱਲ ਹੀ ਛੱਡੋ
ਕਿੰਨੇ ਰਿਸ਼ਤੇ
ਸਿਰਫ਼ ਆਂਟੀ ਤੇ ਅੰਕਲ ਨੇ ਕਰ ਦਿੱਤੇ ਹਾਲੋਂ ਬੇਹਾਲ
ਤੇ ਕੱਲ੍ਹ ਕਹਿ ਰਿਹਾ ਸੀ
ਪੰਜਾਬ ਦੇ ਵਿਹੜੇ ਵਿਚ ਇਕ ਛੋਟਾ ਜਿਹਾ ਬਾਲ
ਪਾਪਾ ਆਪਣੇ ਟ੍ਰੀ ਦੇ ਸਾਰੇ ਲੀਵਜ਼ ਕਰ ਰਹੇ ਨੇ ਫ਼ਾਲ
ਹਾਂ ਬੇਟਾ ,ਆਪਣੇ ਟ੍ਰੀ ਦੇ ਸਾਰੇ ਲੀਵਜ਼ ਕਰ ਰਹੇ ਨੇ ਫ਼ਾਲ
ਮਰ ਰਹੀ ਹੈ ਅਪਣੀ ਭਾਸ਼ਾ
ਪੱਤਾ ਪੱਤਾ ਸ਼ਬਦ ਸ਼ਬਦ
ਹੁਣ ਤਾਂ ਰੱਬ ਹੀ ਰਾਖਾ ਹੈ
ਮੇਰੀ ਭਾਸ਼ਾ ਦਾ
ਰੱਬ ?
ਰੱਬ ਤਾਂ ਆਪ ਪਿਆ ਹੈ ਮਰਨਹਾਰ
ਦੌੜੀ ਜਾ ਰਹੀ ਹੈ ਉਸ ਨੂੰ ਛੱਡ ਕੇ
ਉਸ ਦੀ ਭੁੱਖੀ ਸੰਤਾਨ
ਗੌਡ ਦੀ ਪਨਾਹ ਵਿਚ
ਮਰ ਰਹੀ ਹੈ ਮੇਰੀ ਭਾਸ਼ਾ
ਮਰ ਰਹੀ ਹੈ ਬਾਈ ਗੌਡ

2

ਮਰ ਰਹੀ ਹੈ ਮੇਰੀ ਭਾਸ਼ਾ
ਕਿਉਂਕਿ ਜੀਉਂਦੇ ਰਹਿਣੇ ਚਾਹੁੰਦੇ ਨੇ
ਮੇਰੀ ਭਾਸ਼ਾ ਦੇ ਲੋਕ
ਜੀਉਂਦੇ ਰਹਿਣਾ ਚਾਹੁੰਦੇ ਨੇ
ਮੇਰੀ ਭਾਸ਼ਾ ਦੇ ਲੋਕ
ਇਸ ਸ਼ਰਤ ਤੇ ਵੀ
ਕਿ ਮਰਦੀ ਏ ਤਾਂ ਮਰ ਜਾਏ ਭਾਸ਼ਾ
ਕੀ ਬੰਦੇ ਦਾ ਜਿਉਂਦੇ ਰਹਿਣਾ
ਜ਼ਿਆਦਾ ਜ਼ਰੂਰੀ ਹੈ
ਕਿ ਭਾਸ਼ਾ ਦਾ ?
ਹਾਂ ਜਾਣਦਾ ਹਾਂ
ਤੁਸੀਂ ਕਹੋਗੇ
ਇਸ ਸ਼ਰਤ ਤੇ ਜੋ ਬੰਦਾ ਜਿਉਂਦਾ ਰਹੇਗਾ
ਉਹ ਜਿਉਂਦਾ ਤਾਂ ਰਹੇਗਾ
ਪਰ ਕੀ ਉਹ ਬੰਦਾ ਰਹੇਗਾ ?
ਤੁਸੀਂ ਮੈਨੂੰ ਜਜ਼ਬਾਤੀ ਕਰਨ ਦੀ ਕੋਸ਼ਿਸ਼ ਨਾ ਕਰੋ
ਤੁਸੀਂ ਆਪ ਹੀ ਦੱਸੋ
ਹੁਣ ਜਦੋਂ
ਦਾਣੇ ਦਾਣੇ ਉੱਪਰ
ਖਾਣ ਵਾਲੇ ਦਾ ਨਾਮ ਵੀ
ਤੁਹਾਡਾ ਰੱਬ ਅੰਗਰੇਜ਼ੀ ਵਿਚ ਹੀ ਲਿਖਦਾ ਹੈ
ਤਾਂ ਕੌਣ ਬੇਰਹਿਮ ਮਾਂ ਬਾਪ ਚਾਹੇਗਾ
ਕਿ ਉਸ ਦੇ ਬੱਚੇ
ਡੁੱਬ ਰਹੀ ਭਾਸ਼ਾ ਦੇ ਜਹਾਜ਼ ਵਿਚ ਬੈਠੇ ਰਹਿਣ ?
ਜੀਉਂਦਾ ਰਹੇ ਮੇਰਾ ਬੱਚਾ
ਮਰਦੀ ਏ ਤਾਂ ਮਰ ਜਾਏ
ਤੁਹਾਡੀ ਬੁੱਢੜੀ ਭਾਸ਼ਾ

3

ਨਹੀਂ ਇਸਤਰਾਂ ਨਹੀਂ ਮਰੇਗੀ ਮੇਰੀ ਭਾਸ਼ਾ
ਇਸ ਤਰ੍ਹਾਂ ਨਹੀਂ ਮਰਦੀ ਹੁੰਦੀ ਭਾਸ਼ਾ
ਕੁਝ ਕੁ ਸ਼ਬਦਾਂ ਦੇ ਮਰਨ ਨਾਲ ਨਹੀਂ ਮਰਦੀ ਹੁੰਦੀ ਭਾਸ਼ਾ
ਤੇ ਸ਼ਬਦ ਕਦੀ ਮਰਦੇ ਵੀ ਨਹੀਂ
ਮਰ ਵੀ ਜਾਣ ਤਾਂ
ਆਉਦੇ ਜਾਂਦੇ ਰਹਿੰਦੇ ਨੇ ਲੋਕ ਪਰਲੋਕ ਵਿਚ
ਬੰਦਿਆਂ ਦੇ ਪਰਲੋਕ ਤੋਂ ਵੱਖਰਾ ਹੁੰਦਾ ਹੈ
ਸ਼ਬਦਾਂ ਦਾ ਪਰਲੋਕ
ਅਸੀ ਵੀ ਜਾ ਸਕਦੇ ਹਾਂ
ਜਿਊਦੇ ਜਾਗਦੇ
ਸ਼ਬਦਾਂ ਦੇ ਪਰਲੋਕ ਵਿਚ
ਓਥੇ ਉਨ੍ਹਾਂ ਦੇ ਪਰਵਾਰ ਵਸੇ ਹੁੰਦੇ ਹਨ
ਮੇਲੇ ਲੱਗੇ ਹੁੰਦੇ ਹਨ ਓਥੇ ਸ਼ਬਦਾਂ ਦੇ
ਮਰ ਚੁੱਕੇ ਲੇਖਕਾਂ ਦੀਆਂ ਜੀਊਦੀਆਂ ਕਿਤਾਬਾਂ ਵਿਚ
ਰੱਬ ਨਹੀਂ ਤਾਂ ਨਾ ਸਹੀ
ਸਤਿਗੁਰ ਇਸ ਦੇ ਸਹਾਈ ਹੋਣਗੇ
ਇਸ ਨੂੰ ਬਚਾਉਣਗੇ
ਸੂਫ਼ੀ ,ਸੰਤ ,ਫ਼ਕੀਰ
ਸ਼ਾਇਰ
ਨਾਬਰ
ਆਸ਼ਕ
ਯੋਧੇ
ਮੇਰੇ ਲੋਕ
ਅਸੀਂ
ਆਪਾਂ
ਸਾਡੇ ਸਭਨਾਂ ਦੇ ਮਰਨ ਬਾਅਦ ਹੀ ਮਰੇਗੀ
ਸਾਡੀ ਭਾਸ਼ਾ
ਇਹ ਵੀ ਹੋ ਸਕਦਾ
ਕਿ ਇਸ ਮਾਰਨਹਾਰ ਮਾਹੌਲ ਵਿਚ ਘਿਰ ਕੇ
ਮਾਰਨਹਾਰਾਂ ਦਾ ਟਾਕਰਾ ਕਰਨ ਲਈ
ਹੋਰ ਵੀ ਜਿਉਣਜੋਗੀ
ਹੋਰ ਵੀ ਜੀਵੰਤ ਹੋ ਉੱਠੇ ਮੇਰੀ ਭਾਸ਼ਾ ।

ਹੁਣ ਨਈ ਹਟਦਾ – ਸ਼ਾਹ ਹੁਸੈਨ

ਹੁਣ ਨਈ ਹਟਦਾ , ਮਾਏ ਨੀ , ਹੁਣ ਨਈ ਹਟਦਾ
ਰਾਂਝੇ ਦੇ ਤਰਫੋ ਖਿਆਲ
ਹੁਣ ਨਈ ਹਟਦਾ , ਮਾਏ ਨੀ , ਹੁਣ ਨਈ ਹਟਦਾ

ਤਖ਼ਤ ਹਜ਼ਾਰਾ ਲਗਦਾ ਪਿਆਰਾ
ਖੇੜਿਆਂ ਦੇ ਵਸਣਾ ਮੁਹਾਲ
ਹੁਣ ਨਈ ਹਟਦਾ , ਮਾਏ ਨੀ , ਹੁਣ ਨਈ ਹਟਦਾ

ਰਾਂਝਾ, ਰਾਂਝਾ ਕਰਦੀ ਕਰਦੀ
ਨੀ ਮੈਂ ਆਪ ਹੀ ਰਾਂਝਾ ਹੋਈ
ਸਈਓ ਨੀ ਮੈਨੂੰ ਸੱਦੋ ਰਾਂਝਾ
ਹੀਰ ਨਾ ਆਖੋ ਕੋਈ

ਆ ਸੱਜਣ ਗਲ ਲੱਗ ਕੇ ਰਹੀਏ
ਇਸ ਵਿਛੋੜੇ ਨੂੰ ਅੱਗਛਾਂ ਲਾਈਏ
ਇਸ ਦਮ ਦਾ ਨਾ ਕੋਈ ਭਰੋਸਾ
ਮਤਾ ਵਿਛੜੇ ਨਾ ਮਰ ਜਾਈਏ

ਇਸ਼ਕ ਰਾਂਝਣ ਨੇ ਬੇਦਿਲ ਕੀਤੀ
ਰੋਵਾਂ ਮੈਂ ਨੀਰ ਉਛਾਲ
ਹੁਣ ਨਈ ਹਟਦਾ , ਮਾਏ ਨੀ , ਹੁਣ ਨਈ ਹਟਦਾ

ਮਿਰਚਾਂ ਦੇ ਪੱਤਰ – ਸ਼ਿਵ ਕੁਮਾਰ ਬਟਾਲਵੀ

ਪੁੰਨਿਆ ਦੇ ਚੰਨ ਨੂੰ ਕੋਈ ਮੱਸਿਆ ਕੀਕਣ ਅਰਘ ਚੜ੍ਹਾਵੇ ਵੇ
ਕਿਓਂ ਕੋਈ ਡਾਚੀ ਸਾਗਰ ਖਾਤਰ ਮਾਰੂਥਲ ਛੱਡ ਜਾਵੇ ਵੇ
ਕਰਮਾਂ ਦੇ ਮਹਿੰਦੀ ਦਾ ਸੱਜਣਾ ਰੰਗ ਕਿਵੇਂ ਦੱਸ ਚੜਦਾ ਵੇ
ਜੇ ਕਿਸਮਤ ਮਿਰਚਾਂ ਦੇ ਪੱਤਰ ਪੀਠ ਤਲੀ ਤੇ ਲਾਵੇ ਵੇ
ਗਮ ਦਾ ਮੋਤੀਆ ਉੱਤਰ ਆਇਆ ਸਿਦਕ ਮੇਰੇ ਦੇ ਨੈਣੀਂ ਵੇ
ਪ੍ਰੀਤ ਨਗਰ ਦਾ ਔਖਾ ਪੈਂਡਾ ਜਿੰਦੜੀ ਕਿੰਝ ਮੁਕਾਵੇ ਵੇ
ਕਿੱਕਰ ਦੇ ਫੁੱਲਾਂ ਦੀ ਅੜਿਆ ਕੌਣ ਕਰੇਂਦਾ ਰਾਖੀ ਵੇ
ਕਦ ਕੋਈ ਮਾਲੀ ਮਲ੍ਹਿਆਂ ਉੱਤੋਂ ਹਰਿਆਲੀ ਆਣ ਉਡਾਵੇ ਵੇ
ਪੀੜਾਂ ਦੇ ਧਰਕੋਲੇ ਖਾ ਖਾ ਹੋ ਗਏ ਗੀਤ ਕੁਸੈਲੇ ਵੇ
ਵਿੱਚ ਨੜੋਏ ਬੈਠੀ ਜਿੰਦੂ ਕੀਕਣ ਸੋਹਲੇ ਗਾਏ ਵੇ
ਪ੍ਰੀਤਾਂ ਦੇ ਗਲ ਛੁਰੀ ਫਿਰੇਂਦੀ ਵੇਖ ਕੇ ਕਿੰਝ ਕੁਰਲਾਵਾਂ ਵੇ
ਲੈ ਚਾਂਦੀ ਦੇ ਬਿੰਗ ਕਸਾਈਆਂ ਮੇਰੇ ਗਲ ਫਸਾਏ ਵੇ
ਤੜਪ ਤੜਪ ਕੇ ਮਰ ਗਈ ਅੜਿਆ ਮੇਲ ਤੇਰੇ ਦੀ ਹਸਰਤ ਵੇ
ਐਸੇ ਇਸ਼ਕ਼ ਦੇ ਜ਼ੁਲਮੀ ਰਾਜੇ ਬਿਰਹੋਂ ਬਾਨ ਚਲਾਏ ਵੇ
ਚੁਗ ਚੁਗ ਰੋੜ ਗਲੀ ਤੇਰੀ ਦੇ ਘੁੰਗਣੀਆਂ ਵੱਤ ਚੱਬ ਲਏ ਵੇ
‘ਕੱਠੇ ਕਰ ਕਰ ਕੇ ਮੈਂ ਤੀਲੇ ਬੁੱਕਲ ਵਿੱਚ ਧੁਖਾਏ ਵੇ
ਇੱਕ ਚੂਲੀ ਵੀ ਪੀ ਨਾਂ ਸਕੀ ਪਿਆਰ ਦੇ ਨਿੱਤਰੇ ਪਾਣੀ ਵੇ
ਵਿੰਹਦਿਆਂ ਸਾਰ ਪਏ ਵਿੱਚ ਪੂਰੇ ਜਾ ਮੈਂ ਹੋਂਠ ਛੁਹਾਏ ਵੇ

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆ – ਸ਼ਿਵ ਕੁਮਾਰ ਬਟਾਲਵੀ

ਕੌਣ ਮੇਰੇ ਸ਼ਹਿਰ ਆ ਕੇ ਮੁੜ ਗਿਆ,
ਚੰਨ ਦਾ ਸਾਰਾ ਚਾਨਣ ਰੁੜ ਗਿਆ ।
ਪੀੜ ਪਾ ਕੇ ਝਾਂਜਰਾਂ ਕਿਧਰ ਟੁਰੀ,
ਕਿਹੜੇ ਪੱਤਨੀ ਗਮ ਦਾ ਮੇਲਾ ਜੁੜ ਗਿਆ ।
ਛੱਡ ਕੇ ਅਕਲਾਂ ਦਾ ਝਿੱਕਾ ਆਲ੍ਹਣਾ,
ਉੱਡ ਗਿਆ ਹਿਜਰਾਂ ਦਾ ਪੰਛੀ ਉੱਡ ਗਿਆ ।
ਹੈ ਕੋਈ ਸੂਈ ਕੰਧੂਈ ਦੋਸਤੋ !
ਵਕਤ ਦੇ ਪੈਰਾਂ ‘ਚ ਕੰਡਾ ਪੁੜ ਗਿਆ ।
ਸ਼ੁਹਰਤ ਦੀ ਧੜ ਤੇ ਸੂਰਤ ਵੀ ਹੈ,
ਫਿਰ ਵੀ ਖੌਰੇ ਕੀ ਹੈ ਮੇਰਾ ਥੁੜ ਗਿਆ ।