ਘਾਹ – ਪਾਸ਼
ਮੈਂ ਘਾਹ ਹਾਂ
ਮੈਂ ਤੁਹਾਡੇ ਹਰ ਕੀਤੇ ਕਰਾਏ ’ਤੇ ਉਗ ਆਵਾਂਗਾ
ਬੰਬ ਸੁੱਟ ਦਿਉ ਭਾਵੇਂ ਵਿਸ਼ਵ ਵਿਦਿਆਲੇ ’ਤੇ
ਬਣਾ ਦਿਉ ਹਰ ਹੋਸਟਲ ਮਲਬੇ ਦੇ ਢੇਰ
ਸੁਹਾਗਾ ਫੇਰ ਦਿਉ ਬੇਸ਼ੱਕ ਸਾਡੀਆਂ ਝੁੱਗੀਆਂ ’ਤੇ
ਮੈਨੂੰ ਕੀ ਕਰੋਗੇ ?
ਮੈਂ ਤਾਂ ਘਾਹ ਹਾਂ, ਹਰ ਚੀਜ਼ ਢਕ ਲਵਾਂਗਾ
ਹਰ ਢੇਰ ’ਤੇ ਉਗ ਆਵਾਂਗਾ
ਬੰਗੇ ਨੂੰ ਢੇਰੀ ਕਰ ਦਿਓ
ਸੰਗਰੂਰ ਨੂੰ ਮਿਟਾ ਦਿਓ
ਧੁੜ ’ਚ ਮਿਲਾ ਦਿਓ ਲੁਧਿਆਣੇ ਦਾ ਜ਼ਿਲ੍ਹਾ
ਮੇਰੀ ਹਰਿਆਲੀ ਆਪਣਾ ਕੰਮ ਕਰੇਗੀ….
ਦੋ ਸਾਲ, ਦਸ ਸਾਲ ਬਾਦ
ਸਵਾਰੀਆਂ ਫਿਰ ਕਿਸੇ ਟਿਕਟ-ਕੱਟ ਤੋਂ ਪੁੱਛਣਗੀਆਂ
”ਇਹ ਕਿਹੜੀ ਥਾਂ ਹੈ ?
ਮੈਨੂੰ ਬਰਨਾਲੇ ਉਤਾਰ ਦੇਣਾ
ਜਿੱਥੇ ਹਰੇ ਘਾਹ ਦਾ ਜੰਗਲ ਹੈ”
ਮੈਂ ਘਾਹ ਹਾਂ,
ਮੈਂ ਆਪਣਾ ਕੰਮ ਕਰਾਂਗਾ
ਮੈਂ ਤੁਹਾਡੇ ਹਰ ਕੀਤੇ ਕਰਾਏ ’ਤੇ ਉਗ ਆਵਾਂਗਾ